ਬਟਾਲਾ, 2 ਮਈ (ਸਤਿੰਦਰ ਸਿੰਘ)-ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ | ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰ ਕੇ ਲੋਕ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਉਨ੍ਹਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ |