ਗੁਰਦਾਸਪੁਰ, 4 ਮਈ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਵਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਅਚਾਨਕ ਕੀਤੇ ਵਾਧੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਰੋਸ ਪ੍ਰਦਰਸ਼ਨ ਦੌਰਾਨ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ ਪੁਰੇਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸ੍ਰੀ ਬਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ 6 ਰਾਜਾਂ ਦੀਆਂ ਵੋਟਾਂ ਖਤਮ ਹੋਣ ਤੋਂ ਬਾਅਦ ਫ਼ੌਰੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਕਰਕੇ ਦੁਕਾਨਦਾਰਾਂ ਦਾ ਕੰਮ ਠੱਪ ਕਰਕੇ ਰੱਖ ਦਿੱਤਾ ਹੈ | ਜਿਸ ਨਾਲ ਹੋਟਲਾਂ, ਢਾਬਿਆਂ, ਦੁਕਾਨਦਾਰਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ, ਉਥੇ ਉਨ੍ਹਾਂ ਦਾ ਮਹੀਨੇ ਦਾ ਬਜਟ ਖ਼ਰਾਬ ਹੋ ਜਾਵੇਗਾ ਤੇ ਵਾਧੂ ਬੋਝ ਝੱਲਣਾ ਪਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ ਅਤੇ ਇਸ ਸਰਕਾਰ ਨੇ ਕਿਸਾਨ ਵਿਰੋਧੀ ਅਤੇ ਲੋਕ ਨੀਤੀਆਂ ਲਾਗੂ ਕਰਕੇ ਹਰ ਵਰਗ ਦਾ ਨੁਕਸਾਨ ਕੀਤਾ ਹੈ | ਜ਼ਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਕੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ੌਰੀ ਤੌਰ 'ਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ, ਜਿਸ ਨਾਲ ਲੋਕਾਂ ਦੇ ਕੰਮਕਾਜ ਚੱਲ ਸਕਣ | ਇਸ ਮੌਕੇ ਵੱਡੀ ਗਿਣਤੀ 'ਚ ਦੁਕਾਨਦਾਰ, ਹੋਟਲ ਮਾਲਕ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |