ਬਟਾਲਾ, 5 ਮਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣ ਚੁੱਕੀ ਹੈ ਤੇ ਇਸ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ | ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਜਿਸ ਤਰ੍ਹਾਂ ਦੇਸ਼ ਭਰ ਵਿਚ ਭਾਜਪਾ ਦੀ ਪਕੜ ਵਧ ਰਹੀ ਹੈ, ਉਸੇ ਤਰ੍ਹਾਂ ਪੰਜਾਬ 'ਚ ਵੀ 2027 ਦੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਚ ਵਿਕਾਸ ਦੀ ਨਵੀਂ ਲਹਿਰ ਆਈ ਹੈ ਤੇ ਇਸੇ ਮਾਡਲ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੇ ਹਰ ਵਰਗ ਨੂੰ ਲਾਭ ਪਹੁੰਚਾਇਆ ਹੈ, ਜਿਸ ਕਰਕੇ ਲੋਕਾਂ ਦਾ ਭਰੋਸਾ ਭਾਜਪਾ 'ਤੇ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲਾ ਮੁੱਖ ਕੰਮ ਨਸ਼ਾ ਮੁਕਤ ਪੰਜਾਬ ਬਣਾਉਣਾ ਹੋਵੇਗਾ | ਇਸ ਦੇ ਨਾਲ ਹੀ ਗੈਂਗਸਟਰਾਂ 'ਤੇ ਸਖ਼ਤ ਕਾਰਵਾਈ ਕਰਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇਗਾ | ਵਾਲੀਆ ਨੇ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਮੁੱਖ ਲੋੜਾਂ ਹਨ, ਚਾਹੇ ਉਹ ਰੋਜ਼ਗਾਰ, ਕਾਨੂੰਨ-ਵਿਵਸਥਾ ਜਾਂ ਵਿਕਾਸ ਨਾਲ ਸੰਬੰਧਿਤ ਹੋਣ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਇਕ ਨਵੀਂ ਦਿਸ਼ਾ ਦੇਵੇਗੀ ਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ |