ਨਰੋਟ ਜੈਮਲ ਸਿੰਘ, 5 ਮਈ (ਸ਼ਸ਼ੀ ਕੁਮਾਰ)-ਕੇਰਲਾ 'ਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਨੂੰ ਲੈ ਕੇ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਦਫ਼ਤਰ ਸੁੰਦਰ ਚੱਕ ਅੱਡਾ ਬਨੀ ਲੋਧੀ ਵਿਖੇ ਵਰਕਰਾਂ ਵਲੋਂ ਜਸ਼ਨ ਮਨਾਇਆ ਗਿਆ | ਇਸ ਦੌਰਾਨ ਵਰਕਰਾਂ ਨੇ ਜੋਗਿੰਦਰ ਪਾਲ ਨੂੰ ਵਧਾਈਆਂ ਦਿੱਤੀਆਂ ਤੇ ਮਿਠਾਈਆਂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਹਲਕਾ ਭੋਆ ਤੋਂ ਜੋਗਿੰਦਰ ਪਾਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਪਾਲ ਨੇ ਵਰਕਰਾਂ ਨੂੰ ਆਪਣੇ-ਆਪਣੇ ਬੂਥਾਂ 'ਤੇ ਮਜ਼ਬੂਤੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੇਰਲਮ ਵਿਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਦੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ 2027 ਵਿਚ ਚੋਣਾਂ ਲੜਨ ਲਈ ਕੋਈ ਮੁੱਦਾ ਨਹੀਂ ਰਿਹਾ, ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤਾਂ ਨਾਲ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਭਾਰਤ ਜਨਤਾ ਪਾਰਟੀ ਅੰਬਾਨੀ, ਅਡਾਨੀ ਤੇ ਸਰਮਾਏਦਾਰ ਲੋਕਾਂ ਦੀ ਪਾਰਟੀ ਹੈ | ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਇੰਨਾ ਫ਼ਿਕਰ ਨਹੀਂ ਜਿੰਨਾ ਅੰਬਾਨੀ ਅਡਾਨੀ ਦਾ, ਅੰਬਾਨੀ ਅਡਾਨੀ ਦਾ ਪੰਜਾਬ ਦੇ ਕਿਸਾਨਾਂ ਦੀ ਖੇਤੀ ਤੇ ਕਬਜ਼ਾ ਕਰਨ ਲਈ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੇ ਖ਼ਿਲਾਫ਼ ਕਾਲੇ ਕਾਨੂੰਨ ਬਣਾਏ ਹਨ | ਅੰਤ ਵਿਚ ਉਨ੍ਹਾਂ ਕਿਹਾ ਕਿ ਕੇਰਲਾ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦਾ ਸਾਰਾ ਕਰੈਡਿਟ ਕਾਂਗਰਸ ਪਾਰਟੀ ਦੇ ਵਿਰੋਧੀ ਦਲ ਦੇ ਨੇਤਾ ਰਾਹੁਲ ਗਾਂਧੀ ਨੂੰ ਜਾਂਦਾ ਹੈ |