ਬਟਾਲਾ, 6 ਮਈ (ਸਤਿੰਦਰ ਸਿੰਘ)-ਪੱਛਮ ਬੰਗਾਲ, ਅਸਾਮ ਤੇ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਹਲਕਾ ਬਟਾਲਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਲੱਡੂ ਵੰਡੇ ਤੇ ਇਕ-ਦੂਜੇ ਦਾ ਮੂੰਹ ਮਿਠਾ ਕਰਵਾ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ | ਇਸ ਮੌਕੇ ਸ: ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਪੱਛਮ ਬੰਗਾਲ 'ਚ ਮਮਤਾ ਬੈਨਰਜੀ ਸਰਕਾਰ ਦੀਆਂ ਗਲਤ ਨੀਤੀਆਂ ਦੇ ਚਲਦਿਆਂ ਉੱਥੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਪੱਛਮ ਬੰਗਾਲ ਦੇ ਲੋਕਾਂ ਨੇ ਇਨ੍ਹਾਂ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸਕਾਰੀ ਨੀਤੀਆਂ ਨੂੰ ਅਪਨਾਉਂਦੇ ਹੋਏ ਭਾਜਪਾ ਦੇ ਹੱਕ 'ਚ ਵੋਟਿੰਗ ਕਰਕੇ ਭਾਜਪਾ ਨੂੰ ਇਤਿਹਾਸਕ ਜਿੱਤ ਦਿਵਾਈ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਸਾਮ ਤੇ ਪੁਡੂਚੇਰੀ ਦੇ ਲੋਕਾਂ ਨੇ ਵੀ ਭਾਜਪਾ ਦੇ ਹੱਕ 'ਚ ਆਪਣਾ ਫੈਸਲਾ ਸੁਣਿਆ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਬੁਨਿਆਦੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਤੇ ਦੇਸ਼ ਵਾਸੀਆਂ ਦੀ ਭਲਾਈ ਲਈ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ, ਜਿਸ ਨਾਲ ਦੇਸ਼ ਲਗਾਤਾਰ ਤਰੱਕੀ ਵੱਲ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮ ਬੰਗਾਲ ਦੇ ਲੋਕਾਂ ਨੇ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ, ਉਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ 'ਤੇ ਮੋਹਰ ਲਗਾਉਣਗੇ | ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ 'ਚ ਭਾਜਪਾ ਦੀ ਸਰਕਾਰ ਹੋਣ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ | ਇਸ ਮੌਕੇ ਮੰਡਲ ਪ੍ਰਧਾਨ ਹਰਪ੍ਰੀਤ ਸਿੰਘ ਬੇਦੀ, ਹਰਜੀਤ ਸਿੰਘ ਸੁਚੇਤਗੜ੍ਹ, ਵਿਕਰਮਜੀਤ ਸਿੰਘ, ਅਵਤਾਰ ਸਿੰਘ ਡੁਡੀਪੁਰ, ਪ੍ਰੀਤਮ ਸਿੰਘ ਡੁਡੀਪੁਰ, ਸੁਖਵਿੰਦਰ ਸਿੰਘ, ਧਰਮਪਾਲ ਸਿੰਘ ਨੌਸ਼ਹਿਰਾ ਮੱਝਾ ਸਿੰਘ, ਪ੍ਰੀਤਮ ਨੌਸ਼ਹਿਰਾ ਮੱਝਾ ਸਿੰਘ, ਵਿੱਕੀ ਨੌਸ਼ਹਿਰਾ ਮੱਝਾ ਸਿੰਘ ਆਦਿ ਹਾਜ਼ਰ ਸਨ |