ਬਟਾਲਾ, 6 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਗਲੀ ਦਾ ਉਦਘਾਟਨ ਕੀਤਾ | ਇਸ ਮੌਕੇ ਹਨੀ ਚੌਹਾਨ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਉਹ ਖੁਦ ਗਲੀ-ਗਲੀ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਬਟਾਲਾ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ, ਜਿਸ ਦੇ ਚਲਦਿਆਂ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਬਟਾਲਾ ਹਲਕਾ ਵਾਸੀਆਂ ਸਮੇਤ ਨੇੜਲੇ ਕਈ ਪਿੰਡਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬਟਾਲਾ ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਦਫਤਰ ਬਟਾਲਾ ਦੀ ਪੰਜ ਮੰਜ਼ਿਲੀ ਇਮਾਰਤ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ | ਸ਼ਹਿਰ ਵਿਚ ਲਾਇਬ੍ਰੇਰੀ ਦੀ ਇਮਾਰਤ ਜਿਸ ਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀਂ ਇਮਾਰਤ ਉਸਾਰੀ ਗਈ ਹੈ | ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ | ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ |