ਪਠਾਨਕੋਟ, 6 ਮਈ (ਸੁਮਿਤ)-ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਇਕ ਨੌਜਵਾਨ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਉਸ ਵੇਲੇ ਕਾਬੂ ਕੀਤਾ ਗਿਆ ਜਦੋਂ ਉਹ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ | ਜਾਣਕਾਰੀ ਮੁਤਾਬਿਕ ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕੇ ਦਾ ਰਹਿਣ ਵਾਲਾ ਹੈ | ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਇਲਾਕੇ ਦੇ ਲੋਕਾਂ ਨੂੰ ਉਸ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆ | ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕ ਖੜੀ ਮੋਟਰਸਾਈਕਲ ਦੇ ਕੋਲ ਸ਼ੱਕੀ ਹਾਲਤ ਵਿਚ ਘੁੰਮ ਰਿਹਾ ਸੀ ਤੇ ਉਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਸੀ | ਜਦੋਂ ਸਥਾਨਕ ਲੋਕਾਂ ਨੇ ਉਸ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਘਬਰਾ ਕੇ ਭੱਜਣ ਲੱਗ ਪਿਆ | ਇਸ 'ਤੇ ਲੋਕਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਸ ਦੇ ਕੋਲੋਂ ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ | ਇਸ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤੇ ਨੌਜਵਾਨ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਤੇ ਬਰਾਮਦ ਕੀਤੇ ਕੈਪਸੂਲਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ੁਰੂਆਤੀ ਜਾਂਚ ਵਿਚ ਚੋਰੀ ਤੇ ਨਸ਼ੀਲੇ ਪਦਾਰਥਾਂ ਨਾਲ ਜੁੜੇ ਪੱਖਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |