ਕਾਹਨੂੰਵਾਨ, 8 ਮਈ (ਨਿਸ਼ਾਨ ਸਿੰਘ ਚਾਹਲ)-ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਪ੍ਰਭਾਕਰ ਦੇ ਹੁਕਮਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਤੇ ਐੱਸ.ਐੱਮ.ਓ. ਕਾਹਨੂੰਵਾਨ ਡਾ. ਗੁਰਦੀਪ ਸਿੰਘ ਦੀ ਰਹਿਨੁਮਾਈ ਹੇਠ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡਾਂ ਤੇ ਸਕੂਲਾਂ ਦਾ ਦੌਰਾ ਕਰਕੇ ਲੋਕਾਂ ਡੇਂਗੂ ਵਿਰੋਧੀ ਮੁਹਿੰਮ ਦੇ ਤਹਿਤ ਜਾਗਰੂਕ ਕੀਤਾ ਗਿਆ | ਹੈਲਥ ਇੰਸਪੈਕਟਰ ਹਰਪਿੰਦਰ ਸਿੰਘ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਿਹਾ ਕਿ ਘਰਾਂ ਦੀਆਂ ਛੱਤਾਂ 'ਤੇ, ਟੁੱਟੇ-ਭੱਜੇ ਬਰਤਨਾਂ, ਕੂਲਰਾਂ, ਗਮਲਿਆਂ, ਫਰਿੱਜ ਦੀ ਪਿੱਛਲੀ ਟਰੇਅ ਵਿਚ ਜ਼ਿਆਦਾ ਸਮਾਂ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਕਿਉਂਕਿ ਡੇਂਗੂ ਦਾ ਲਾਰਵਾ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਗਰਮੀਆਂ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਨਾਲ ਬਹੁਤ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ 'ਚ ਦਰਦ, ਭੁੱਖ ਨਾ ਲੱਗਣਾ, ਕਮਜ਼ੋਰੀ, ਕਮਰ ਦਰਦ ਤੇ ਕੁਝ ਮਰੀਜ਼ਾਂ ਦੇ ਮੂੰਹ ਜਾਂ ਮਸੂੜਿਆਂ ਵਿਚੋਂ ਖੂਨ ਵੀ ਆਉਣ ਲਗਦਾ ਹੈ ਅਤੇ ਨਾਲ ਹੀ ਇਹ ਵੀ ਦੱਸਿਆ ਕਿ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਈ ਜਾਵੇ ਤੇ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਇਆ ਜਾਵੇ | ਬੀ.ਈ.ਈ. ਨੀਲਮ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਤੌਰ 'ਤੇ ਮਨਾ ਕੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾਂਦਾ ਰਹੇਗਾ |