ਪਠਾਨਕੋਟ, 8 ਮਈ (ਸੁਮਿਤ)-ਜਲੰਧਰ ਤੇ ਅੰਮਿ੍ਤਸਰ 'ਚ ਹੋਏ ਧਮਾਕਿਆਂ ਤੋਂ ਬਾਅਦ ਪੂਰੇ ਪੰਜਾਬ ਵਿਚ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ ਹਨ | ਜ਼ਿਲ੍ਹਾ ਪਠਾਨਕੋਟ 'ਚ ਵੀ ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ | ਇਸੇ ਤਹਿਤ ਪਠਾਨਕੋਟ ਪੁਲਿਸ ਤੇ ਆਰਮੀ ਵਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਤੇ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਜਲੰਧਰ ਤੇ ਅੰਮਿ੍ਤਸਰ 'ਚ ਹੋਏ ਬਲਾਸਟ ਤੋਂ ਬਾਅਦ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਸੁਚੇਤ ਨਜ਼ਰ ਆ ਰਹੀ ਹੈ | ਸਰਹੱਦੀ ਜ਼ਿਲ੍ਹਾ ਹੋਣ ਕਾਰਨ ਇੱਥੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ | ਪੁਲਿਸ ਤੇ ਆਰਮੀ ਦੀਆਂ ਸਾਂਝੀਆਂ ਟੀਮਾਂ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ 'ਚ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ | ਸੁਰੱਖਿਆ ਏਜੰਸੀਆਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਵੀ ਸਰਚ ਆਪ੍ਰੇਸ਼ਨ ਜਾਰੀ ਰਹਿਣਗੇ |