ਗੁਰਦਾਸਪੁਰ, 9 ਮਈ (ਚੱਕਰਾਜਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਹਰਪ੍ਰੀਤ ਸਿੰਘ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਇਸ ਅਦਾਲਤ ਲਈ ਨਿਆਇਕ ਅਧਿਕਾਰੀਆਂ ਦੇ ਕੁੱਲ 20 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ | ਇਸ ਨੈਸ਼ਨਲ ਲੋਕ ਅਦਾਲਤ ਵਿਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ | ਇਸ ਦੌਰਾਨ ਰਾਜ਼ੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 13353 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 12885 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ | ਜਦੋਂ ਕਿ 97942042/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ | ਇਸ ਸਬੰਧੀ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਤੇ ਧੰਨ ਦੀ ਬੱਚਤ ਹੋ ਸਕੇੇ | ਉਨ੍ਹਾਂ ਕਿਹਾ ਕਿ ਕਿਹਾ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸ ਦੀ ਅੱਗੇ ਅਪੀਲ ਨਹੀਂ ਹੋ ਸਕਦੀ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸਾਂ ਵਿਚ ਲਗਾਈ ਗਈ ਕੋਰਟ ਫ਼ੀਸ ਵੀ ਵਾਪਸ ਕੀਤੀ ਜਾਂਦੀ ਹੈ |