ਧਾਰੀਵਾਲ, 12 ਮਈ (ਸਵਰਨ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਹੋ ਚੁੱਕੀਆਂ ਰੈਲੀਆਂ ਦੀ ਸਫਲਤਾ ਨੂੰ ਦੇਖਦੇ ਹੋਏ ਇਕੱਲਿਆਂ ਚੋਣਾਂ ਲੜਨ ਦਾ ਬਿਗਲ ਵਜਾ ਦਿੱਤਾ ਹੈ | ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਰਾਜਨੀਤਕ ਪਾਰਟੀਆਂ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ, ਸਰਪੰਚਾਂ, ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਦੀ ਹੌੜ ਨੂੰ ਦੇਖਦੇ ਹੋਏ ਐਨ.ਆਰ.ਆਈਜ਼. ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਫਰਾਂਸ ਵੱਸਦੇ ਪੰਜਾਬੀ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਭੱਟੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਜਥੇਬੰਦਕ ਢਾਚੇ ਦੇ ਉਪਰਾਲੇ ਸਦਕਾ ਸਪੇਨ, ਇਟਲੀ ਅਤੇ ਫਰਾਂਸ ਤੋਂ ਬਹੁਤ ਸਾਰੇ ਪੰਜਾਬੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦ ਪੱਲਾ ਫੜ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਵਾਲੀ ਲਹਿਰ ਦਾ ਹਿੱਸਾ ਬਣ ਚੁੱਕੇ ਹਨ | ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਫਰਾਂਸ ਯੂਨਿਟ ਦੇ ਸੈਕਟਰੀ ਸੁਰਜੀਤ ਸਿੰਘ ਮਾਣਾ ਤੇ ਯੂਥ ਅਕਾਲੀ ਦਲ ਯੂਰਪ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਦੀ ਬਦੌਲਤ ਐਨ.ਆਰ.ਆਈ. ਅਕਾਲੀ ਦਲ ਨਾਲ ਜੁੜ ਰਹੇ ਹਨ |