ਗੁਰਦਾਸਪੁਰ, 13 ਮਈ (ਪੰਕਜ ਸ਼ਰਮਾ)-ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸੈਮੀਨਾਰ ਦੀ ਸ਼ੁਰੂਆਤ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਵਲੋਂ ਕੀਤੀ ਗਈ | ਡਾ: ਸੰਧੂ ਨੇ ਆਪਣੇ ਸੰਬੋਧਨ 'ਚ 1998 'ਚ ਪੋਖਰਨ-2 ਨਿਊਕਲੀਅਰ ਟੈੱਸਟ ਦੀ ਸਫਲਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਪ੍ਰੋਫੈਸਰ ਅੰਜੂ ਬਾਲਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਉਣ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪ੍ਰੋਫੈਸਰ ਮਾਨਸੀ ਨੇ ਇਸ ਦਿਨ ਦੀ ਮਹੱਤਤਾ 'ਤੇ ਚਰਚਾ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਤੇ ਏ ਆਈ (ਆਰਟੀਫੀਸ਼ਲ ਇੰਟੈਲੀਜੈਂਸ) ਦਾ ਸਹੀ ਤੇ ਜ਼ਿੰਮੇਵਾਰਾਨਾ ਢੰਗ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ | ਪ੍ਰੋਫੈਸਰ ਜਗਪ੍ਰੀਤ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੀ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ 'ਚ ਤਕਨਾਲੋਜੀ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ |