ਪਠਾਨਕੋਟ, 13 ਮਈ (ਸੰਧੂ)-ਪਠਾਨਕੋਟ ਨਗਰ ਨਿਗਮ ਦੇ ਵਾਰਡ ਨੰਬਰ-35 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਅਤੇ ਭਾਜਪਾ ਨਾਲ ਸੰਬੰਧਿਤ ਕਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਨ੍ਹਾਂ ਸਾਰੇ ਆਗੂਆਂ ਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਬਜ਼ਰਵਰ ਜ਼ਿਲ੍ਹਾ ਪਠਾਨਕੋਟ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ | ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਦੌਰਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਕੀਤੀ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਅਵਤਾਰ ਸਿੰਘ ਕਲੇਰ ਜ਼ਿਲ੍ਹਾ ਦਿਹਾਤੀ ਪ੍ਰਧਾਨ, ਰਵੀ ਮੋਹਨ ਹਲਕਾ ਇੰਚਾਰਜ ਭੋਆ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਯੂਥ ਪ੍ਰਧਾਨ ਪਠਾਨਕੋਟ, ਅਨਹਦ ਪ੍ਰਭਾਕਰ ਕੌਮੀ ਮੀਤ ਪ੍ਰਧਾਨ ਸੋਈ, ਗੁਰਨਾਮ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ |