ਘਰੋਟਾ, 13 ਮਈ (ਸੰਜੀਵ ਗੁਪਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਜੋਚੱਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ ਹੈ | ਸਕੂਲ ਦੇ ਕੁੱਲ 46 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਵਿਦਿਆਰਥੀ ਸਫਲ ਰਹੇ | ਇਸ ਸ਼ਾਨਦਾਰ ਨਤੀਜੇ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਪਿ੍ੰਸੀਪਲ ਤਾਜ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕਈ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ | ਜਿਸ ਦਾ ਨਤੀਜਾ ਹੁਣ ਵਧੀਆ ਪ੍ਰਦਰਸ਼ਨ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ | ਪਿ੍ੰਸੀਪਲ ਤਾਜ ਸਿੰਘ ਨੇ ਸਮੂਹ ਸਟਾਫ਼ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਲਗਨ ਤੇ ਵਿਦਿਆਰਥੀਆਂ ਦੀ ਮਿਹਨਤ ਨਾਲ ਸਕੂਲ ਹਰ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ | ਇਸ ਮੌਕੇ ਸਕੂਲ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |