ਦੀਨਾਨਗਰ, 16 ਮਈ (ਸ਼ਾਮ ਸਿੰਘ ਘੁੰਮਣ)-ਪੰਜਾਬ ਸਰਕਾਰ ਨਗਰ ਕੌਂਸਲ ਦੀਨਾਨਗਰ ਦੀਆਂ ਚੋਣਾਂ ਕਰਵਾਉਣ ਲਈ ਤਿਆਰ ਹੋ ਗਈ ਹੈ | ਪਰ ਇਹ ਚੋਣਾਂ ਪੰਜਾਬ ਅੰਦਰ 26 ਮਈ ਨੂੰ ਹੋ ਰਹੀਆਂ 105 ਨਗਰ ਕੌਂਸਲ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਦੇ ਨਾਲ ਨਹੀਂ, ਸਗੋਂ ਜੂਨ ਦੇ ਪਹਿਲੇ ਹਫ਼ਤੇ ਕਰਵਾਏ ਜਾਣ ਦੀ ਸਰਕਾਰ ਵਲੋਂ ਹਾਮੀ ਭਰੀ ਗਈ ਹੈ | ਜਿਸ ਸਬੰਧੀ ਪੰਜਾਬ ਸਰਕਾਰ ਵਲੋਂ ਕਿਸੇ ਵੇਲੇ ਵੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ | ਦੱਸਣਯੋਗ ਹੈ ਕਿ ਪੰਜਾਬ ਅੰਦਰ 26 ਮਈ 2026 ਨੂੰ ਹੋ ਰਹੀਆਂ 97 ਨਗਰ ਕੌਂਸਲ, ਨਗਰ ਪੰਚਾਇਤਾਂ ਅਤੇ 8 ਨਗਰ ਨਿਗਮਾਂ ਦੀਆਂ ਚੋਣਾਂ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 11 ਮਈ ਨੂੰ ਜਾਰੀ ਕੀਤੇ ਗਏ ਚੋਣ ਸ਼ਡਿਊਲ 'ਚੋਂ ਗੁਰਦਾਸਪੁਰ ਜ਼ਿਲੇ੍ਹ ਦੀਆਂ ਤਿੰਨ ਨਗਰ ਕੌਂਸਲਾਂ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨੂੰ ਬਾਹਰ ਰੱਖਿਆ ਗਿਆ ਸੀ | ਹਾਲਾਂਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਨਗਰ ਕੌਂਸਲਾਂ ਦੇ ਵਾਰਡਾਂ ਦੇ ਰਾਖਵੇਂਕਰਨ ਦਾ ਨੋਟੀਫ਼ਿਕੇਸ਼ਨ ਲੰਘੀ 16 ਅਪ੍ਰੈਲ ਨੂੰ ਹੀ ਜਾਰੀ ਕਰ ਦਿੱਤਾ ਸੀ | ਪਰ ਚੋਣ ਪ੍ਰੋਗਰਾਮ ਸਬੰਧੀ 11 ਮਈ ਨੂੰ ਜਾਰੀ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ ਵਿਚ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨੂੰ ਬਾਹਰ ਰੱਖੇ ਜਾਣ ਮਗਰੋਂ ਇਕ ਧਿਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲ ਪਹੁੰਚ ਕਰਦਿਆਂ ਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲਾਂ ਦੀਆਂ ਚੋਣਾਂ ਵੀ 26 ਮਈ ਨੂੰ ਪੰਜਾਬ ਅੰਦਰ ਹੋ ਰਹੀਆਂ ਬਾਕੀ ਨਗਰ ਕੌਂਸਲ ਚੋਣਾਂ ਦੇ ਨਾਲ ਹੀ ਕਰਵਾਉਣ ਦੀ ਅਪੀਲ ਕੀਤੀ ਗਈ ਸੀ | ਬੀਤੇ ਕੱਲ੍ਹ ਅਪੀਲ ਦੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲ ਪੰਜਾਬ ਸਰਕਾਰ ਨੇ ਦੀਨਾਨਗਰ ਅਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ ਜੂਨ ਦੇ ਪਹਿਲੇ ਹਫ਼ਤੇ ਕਰਵਾਉਣ ਦੀ ਹਾਮੀ ਭਰੀ ਹੈ, ਜਿਸ ਦਾ ਨੋਟੀਫ਼ਿਕੇਸ਼ਨ, ਫੈਸਲੇ ਦੀ ਤਾਰੀਖ 15 ਮਈ ਤੋਂ ਇਕ ਹਫ਼ਤੇ ਦੇ ਅੰਦਰ ਅੰਦਰ ਕੀਤਾ ਜਾਵੇਗਾ | ਹੁਣ ਮਾਣਯੋਗ ਉੱਚ ਅਦਾਲਤ ਵਿਚ ਪੰਜਾਬ ਸਰਕਾਰ ਦੇ ਰੁੱਖ ਤੋਂ ਸਾਫ਼ ਹੈ ਕਿ ਨਗਰ ਕੌਂਸਲ ਦੀਨਾਨਗਰ ਦੇ 15 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਜੂਨ ਦੇ ਪਹਿਲੇ ਹਫ਼ਤੇ ਕਰਵਾਏ ਜਾਣ ਲਈ ਸਰਕਾਰ ਤਿਆਰ ਹੈ ਅਤੇ ਇਸ ਲਈ ਨੋਟੀਫ਼ਿਕੇਸ਼ਨ ਕਿਸੇ ਵੀ ਵੇਲੇ ਜਾਰੀ ਕੀਤਾ ਜਾ ਸਕਦਾ ਹੈ | ਮਾਣਯੋਗ ਅਦਾਲਤ ਨੇ ਆਪਣੇ ਫੈਸਲੇ 'ਚ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਚੋਣਾਂ ਲੰਘੀ 16 ਅਪ੍ਰੈਲ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਵਾਰਡਾਂ ਦੇ ਰਾਖਵੇਂਕਰਨ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਹੀ ਕਰਵਾਈਆਂ ਜਾਣ |