ਧਾਰੀਵਾਲ, 16 ਮਈ (ਜੇਮਸ ਨਾਹਰ)-ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਲਈ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਮਾਹਿਰਾਂ ਅਨੁਸਾਰ ਨਾੜ ਸਾੜਨ ਨਾਲ ਹਵਾ ਵਿਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਸਿਹਤ ਉੱਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ | ਇਹ ਪ੍ਰਗਟਾਵਾ ਉੱਘੇ ਵਾਤਾਵਰਨ ਪ੍ਰੇਮੀ ਸਮਾਜ ਸੇਵੀ ਅਤੇ ਸ਼ਿਫਾ ਆਯੁਰਵੇਦਾ ਦੇ ਮੁੱਖ ਪ੍ਰਬੰਧਕ ਵੈਦ ਡਾਕਟਰ ਐਸ. ਯੂਸਫ ਨੇ ਕਰਦੇ ਹੋਏ ਕਿਹਾ ਕਿ ਧੂੰਏਾ ਕਾਰਨ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿਚ ਜਲਣ ਅਤੇ ਦਿਲ ਨਾਲ ਸੰਬੰਧਿਤ ਸਮੱਸਿਆਵਾਂ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ | ਮਿੱਟੀ ਵਿਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਅਗਲੀ ਫਸਲ ਦੀ ਪੈਦਾਵਾਰ ਪ੍ਰਭਾਵਿਤ ਹੁੰਦੀ ਹੈ | ਇਸ ਤੋਂ ਇਲਾਵਾ ਸੜਕਾਂ ਉੱਤੇ ਧੂੰਏਾ ਕਾਰਨ ਦਿ੍ਸ਼ਟਤਾ ਘਟਣ ਨਾਲ ਹਾਦਸਿਆਂ ਦਾ ਖਤਰਾ ਵੀ ਵਧ ਜਾਂਦਾ ਹੈ | ਡਾ. ਐਸ ਯੂਸਫ਼ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਨਾੜ ਪ੍ਰਬੰਧਨ ਲਈ ਆਧੁਨਿਕ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸੁਪਰ ਸੀਡਰ ਅਤੇ ਬੇਲਰ ਵਰਤਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਸਰਕਾਰ ਵਲੋਂ ਇਨ੍ਹਾਂ ਮਸ਼ੀਨਾਂ ਉੱਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਬਿਨਾਂ ਅੱਗ ਲਗਾਏ ਨਾੜ ਦਾ ਸੁਚੱਜਾ ਨਿਪਟਾਰਾ ਕਰ ਸਕਣ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਵਾਤਾਵਰਣ ਬਚਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਸਾਫ਼-ਸੁਥਰਾ ਵਾਤਾਵਰਣ ਅਤੇ ਸਿਹਤਮੰਦ ਭਵਿੱਖ ਲਈ ਹਰ ਕਿਸਾਨ ਦਾ ਸਹਿਯੋਗ ਬਹੁਤ ਜ਼ਰੂਰੀ ਹੈ |