ਬਟਾਲਾ, 22 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਵਲੋਂ ਪਿਛਲੇ 4 ਸਾਲਾਂ ਵਿਚ ਬਟਾਲਾ ਸ਼ਹਿਰ ਦੇ ਬਾਹਰੀ ਖੇਤਰਾਂ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ, ਉਸੇ ਤਰਜ਼ 'ਤੇ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਵਿਕਾਸ ਕਾਰਜ ਕਰਵਾਏ ਜਾਣਗੇ | ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਚ ਉਮੀਦਵਾਰ ਸ਼੍ਰੀਮਤੀ ਨੀਲਮ ਚੌਹਾਨ ਦੇ ਹੱਕ 'ਚ ਚੋਣ ਮੀਟਿੰਗ ਕਰਦਿਆਂ ਕਿਹਾ ਕਿ ਬਟਾਲਾ ਸ਼ਹਿਰ ਵਿਚਲੀਆਂ ਸੜਕਾਂ ਚੌੜੀਆਂ ਕੀਤੀਆਂ ਗਈਆਂ, ਖੂਬਸੂਰਤ ਚੌਂਕ ਉਸਾਰੇ ਗਏ, ਖੂਬਸੂਰਤ ਪਾਰਕਾਂ ਦੀ ਉਸਾਰੀ ਕਰਵਾਈ ਗਈ, ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ, ਪੁਲਿਸ ਜ਼ਿਲ੍ਹਾ ਬਟਾਲਾ ਦਫ਼ਤਰ ਦੀ ਨਵੀਂ ਬਿਲਡਿੰਗ ਬਣਾਈ ਜਾ ਰਹੀ ਹੈ, ਸ਼ਹਿਰ ਦੇ ਪ੍ਰਮੁੱਖ ਚੌਕਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ, ਸ਼ਹੀਦ ਭਾਈ ਸੁੱਖਾ ਸਿੰਘ ਤੇ ਸ਼ਹੀਦ ਭਾਈ ਮਹਿਤਾਬ ਸਿੰਘ ਚੌਕ ਨੂੰ ਖੂਬਸੂਰਤ ਦਿੱਖ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੀਆਂ ਵਾਰਡਾਂ ਵਿਚ ਗਲੀ ਬਣਾਉਣ ਜਾਂ ਸੀਵਰੇਜ਼ ਜਾ ਲਾਇਟਾਂ ਆਦਿ ਦੀ ਸਮੱਸਿਆ ਲੈ ਕੇ ਉਨ੍ਹਾਂ ਕੋਲ ਆਉਂਦੇ ਸਨ, ਪਰ ਨਗਰ ਨਿਗਮ ਉੱਪਰ ਕਾਂਗਰਸ ਪਾਰਟੀ ਦਾ ਕਬਜ਼ਾ ਹੋਣ ਕਰ ਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਅੱਜ ਬਟਾਲਾ ਵਾਸੀਆਂ ਕੋਲ ਮੌਕਾ ਹੈ ਕਿ ਉਹ ਸ਼ਹਿਰ ਦੇ ਅੰਦਰੂਨੀ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਨੂੰ ਸੇਵਾ ਦਾ ਮੌਕਾ ਦੇਣ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਕਰਵਾਏ 4 ਸਾਲਾਂ ਦੇ ਵਿਕਾਸ ਕਾਰਜ ਤੇ ਵਿਰੋਧੀ ਪਾਰਟੀਆਂ ਵਲੋਂ 75 ਸਾਲਾਂ ਵਿਚ ਕੀਤੇ ਕੰਮਾਂ ਦਾ ਲੇਖਾ-ਜੋਖਾ ਤੁਹਾਡੇ ਸਾਹਮਣੇ ਹੈ |