ਪਠਾਨਕੋਟ, 22 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ 'ਚ ਜਲ ਸੰਭਾਲ ਤੇ ਸਾਫ਼ ਪਾਣੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਜਲ ਸਰੋਤ ਵਿਭਾਗ ਦੇ ਸੇਵਾ ਮੁਕਤ ਨਿਗਰਾਨ ਇੰਜੀਨੀਅਰ ਤੇ ਪ੍ਰਸਿੱਧ ਸ਼ਾਇਰ ਨਰੇਸ਼ ਮਹਾਜਨ ਨਿਰਗੁਣ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਦੌਰਾਨ ਉਹ ਆਪਣਾ ਕੀਮਤੀ ਵੋਟ ਉਸੇ ਉਮੀਦਵਾਰ ਨੂੰ ਦੇਣ ਜੋ ਘਰ-ਘਰ ਤੱਕ ਸ਼ੁੱਧ ਅਤੇ ਸਾਫ਼ ਪਾਣੀ ਪਹੁੰਚਾਉਣ ਦੀ ਪੱਕੀ ਗਾਰੰਟੀ ਦੇਵੇ | ਉਨ੍ਹਾਂ ਕਿਹਾ ਕਿ ਪਾਣੀ ਮਨੁੱਖੀ ਜੀਵਨ ਦਾ ਸਭ ਤੋਂ ਅਹਿਮ ਆਧਾਰ ਹੈ ਤੇ ਇਸ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਤੇ ਜਨ ਪ੍ਰਤੀਨਿਧੀਆਂ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਸਪਲਾਈ ਵਾਲੀਆਂ ਪਾਈਪਾਂ ਬਹੁਤ ਪੁਰਾਣੀਆਂ ਤੇ ਜਰਜਰ ਹੋ ਚੁੱਕੀਆਂ ਹਨ | ਜਿਸ ਕਾਰਨ ਅਕਸਰ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਲ ਜਾਂਦਾ ਹੈ | ਇਹ ਦੂਸ਼ਿਤ ਪਾਣੀ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਰਿਹਾ ਹੈ | ਨਰੇਸ਼ ਮਹਾਜਨ ਨੇ ਕਿਹਾ ਕਿ ਖ਼ਾਸ ਕਰਕੇ ਬਰਸਾਤੀ ਮੌਸਮ ਦੌਰਾਨ ਸੀਵਰੇਜ ਦੀ ਸਮੇਂ-ਸਿਰ ਅਤੇ ਨਿਯਮਿਤ ਸਫ਼ਾਈ ਬਹੁਤ ਜ਼ਰੂਰੀ ਹੈ, ਤਾਂ ਜੋ ਪਾਣੀ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ |