ਬਟਾਲਾ, 25 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ 26 ਮਈ ਨੂੰ ਨਗਰ ਨਿਗਮ ਬਟਾਲਾ 'ਚ ਪੈ ਰਹੀਆਂ ਵੋਟਾਂ ਲਈ ਬਟਾਲਾ ਦੇ ਵੋਟਰਾਂ ਨੂੰ ਸ਼ਹਿਰ ਦੀ ਹੋਰ ਬਿਹਤਰੀ ਲਈ ਵਧ-ਚੜ੍ਹ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਦੇ ਹੱਕ 'ਚ ਕੀਤੇ ਚੋਣ ਪ੍ਰਚਾਰ ਦੌਰਾਨ ਬਟਾਲਾ ਵਾਸੀਆਂ ਨੇ ਹਾਂ ਪੱਖੀ ਹੁੰਗਾਰਾ ਦਿੰਦਿਆਂ ਬਟਾਲਾ ਵਿਚ ਵਿਕਾਸ ਕਾਰਜਾਂ ਦਾ ਸਮਰਥਨ ਕੀਤਾ ਹੈ | ਉਨ੍ਹਾਂ ਬਟਾਲਾ ਸ਼ਹਿਰ ਦੇ ਵੋਟਰਾਂ ਨੂੰ ਵਿਕਾਸ ਨੂੰ ਮੁੱਖ ਰੱਖਦਿਆਂ 'ਆਪ' ਦੇ ਉਮੀਦਵਾਰਾਂ ਨੂੰ ਸੇਵਾ ਦਾ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲੇ ਦੇ ਵਿਕਾਸ ਲਈ ਯਤਨਸ਼ੀਲ ਹਨ ਤੇ ਹੁਣ ਨਗਰ ਨਿਗਮ ਚੋਣਾਂ 'ਚ 'ਆਪ' ਦੇ ਉਮੀਦਵਾਰਾਂ ਨੂੰ ਜਿਤਾ ਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ਗਤੀ ਦਿੱਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਬਾਹਰੀ ਖੇਤਰਾਂ 'ਚ ਲੋਕ ਹਿੱਤ 'ਚ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਵੀ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਬਟਾਲਾ ਦਾ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਤੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਨੇੜਿਉਂ ਜਾਣਦੇ ਹਨ | ਉਨ੍ਹਾਂ ਬਟਾਲਾ ਦੀ ਹੋਰ ਬਿਹਤਰੀ ਤੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸੇਵਾ ਦੇਣ ਦੀ ਅਪੀਲ ਕੀਤੀ | ਉਨ੍ਹਾਂ ਸਮੂਹ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ |