ਗੁਰਦਾਸਪੁਰ, 27 ਮਈ (ਅਸ਼ੋਕ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ 'ਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ | ਤਿਆਰੀ, ਸਿਖਲਾਈ ਤੇ ਪਿੰ੍ਰਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਜਾਣਗੇ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ, ਵੋਟਰ ਸੂਚੀ ਦੀ ਡਰਾਫ਼ਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫ਼ੇਜ਼/ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ | ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ ਪ੍ਰਕਿਰਿਆ/ਗਤੀਵਿਧੀਆਂ ਨੂੰ ਹਦਾਇਤਾਂ/ਨਿਯਮਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ |