ਪਠਾਨਕੋਟ, 27 ਮਈ (ਵਿਨੋਦ)-ਆਪਣੀਆਂ ਲੰਬਿਤ ਮੰਗਾਂ ਪੂਰੀਆਂ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਆਸ਼ਾ ਵਰਕਰਾਂ ਦਾ ਗੁੱਸਾ ਸਿਖਰ 'ਤੇ ਪਹੁੰਚ ਗਿਆ | ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਜ਼ਿਲ੍ਹੇ ਭਰ ਤੋਂ ਸੈਂਕੜੇ ਮਹਿਲਾ ਆਸ਼ਾ ਵਰਕਰਾਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਇਕੱਠੀਆਂ ਹੋਈਆਂ ਅਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਅÏਰਤਾਂ ਨੇ ਵਿਭਾਗ ਦੇ ਅੜੀਅਲ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਿਵਲ ਸਰਜਨ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੀਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ 'ਤੇ ਗਰਭਵਤੀ ਅÏਰਤਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਕਰਦੀਆਂ ਹਨ | ਹਰ ਸਰਕਾਰੀ ਸਿਹਤ ਯੋਜਨਾ ਨੂੰ ਹਰ ਘਰ ਤੱਕ ਪਹੁੰਚਾਉਂਦੀਆਂ ਹਨ | ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਤੋਂ ਨਿਗੂਣੀ ਤਨਖ਼ਾਹ 'ਤੇ ਦਿਨ-ਰਾਤ ਕੰਮ ਕਰਵਾਇਆ ਜਾਂਦਾ ਹੈ | ਜਿਸ ਕਾਰਨ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋ ਰਿਹਾ ਹੈ | ਆਸ਼ਾ ਵਰਕਰਾਂ ਨੇ ਆਪਣੀਆਂ ਮੁੱਖ ਮੰਗਾਂ ਸਰਕਾਰ ਸਾਹਮਣੇ ਰੱਖੀਆਂ | ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਜਾਇਜ਼ ਮੰਗਾਂ 'ਤੇ ਜਲਦੀ ਹੀ ਸਕਾਰਾਤਮਿਕ ਫ਼ੈਸਲਾ ਨਹੀਂ ਲਿਆ ਜਾਂਦਾ ਹੈ, ਤਾਂ ਇਹ ਵਿਰੋਧ ਸਿਰਫ਼ ਸਿਵਲ ਸਰਜਨ ਦਫ਼ਤਰ ਤੱਕ ਸੀਮਤ ਨਹੀਂ ਰਹੇਗਾ | ਆਉਣ ਵਾਲੇ ਦਿਨਾਂ ਵਿਚ ਸਿਹਤ ਸੇਵਾਵਾਂ ਦਾ ਮੁਕੰਮਲ ਬਾਈਕਾਟ ਕਰਕੇ ਸੂਬਾ ਪੱਧਰ 'ਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ | ਵਿਰੋਧ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਮੌਜੂਦ ਸਨ |