ਦੀਨਾਨਗਰ 31 ਮਈ (ਸੋਢੀ/ਸ਼ਰਮਾ/ਘੁੰਮਣ)-ਨਗਰ ਕੌਂਸਲ ਦੀਆਂ ਚੋਣਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਅੱਜ ਦੀਨਾਨਗਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦੀਨਾਨਗਰ ਦੇ 15 ਵਾਰਡਾਂ ਦੇ ਉਮੀਦਵਾਰਾਂ, ਹਲਕਾ ਇੰਚਾਰਜ ਕਮਲਜੀਤ ਚਾਵਲਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਉਮੀਦਵਾਰਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡ ਵਿਚ ਯੁੱਧ ਪੱਧਰ 'ਤੇ ਚੋਣ ਪ੍ਰਚਾਰ ਸ਼ੁਰੂ ਕਰਨ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕਰਕੇ ਪੂਰੀ ਮਿਹਨਤ ਨਾਲ ਚੋਣ ਪ੍ਰਚਾਰ ਕਰਨ ਤੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਲੋਕ ਹੁਣ 2027 ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਤੋਂ ਸੱਤਾ ਵਿਚ ਦੇਖਣਾ ਚਾਹੁੰਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਮੂਹ ਆਗੂ ਤੇ ਵਰਕਰ ਨਗਰ ਕੌਂਸਲ ਚੋਣਾਂ ਦੌਰਾਨ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਬਾਅਦ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਬਹੁਤ ਨਜ਼ਦੀਕ ਪਹੁੰਚ ਚੁੱਕਾ ਹੈ ਤੇ ਸਮੂਹ ਆਗੂ ਤੇ ਵਰਕਰ ਤਨਦੇਹੀ ਨਾਲ ਚੋਣ ਪ੍ਰਚਾਰ ਵਿਚ ਜੁਟਣ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ, ਸਰਪੰਚ ਦਲਬੀਰ ਸਿੰਘ ਬਿੱਲਾ, ਨਗਰ ਕੌਂਸਲ ਦੀਨਾਨਗਰ ਦੇ ਸਾਬਕਾ ਪ੍ਰਧਾਨ ਵਿਜੈ ਮਹਾਜਨ ਤੇ ਜਸਵਿੰਦਰ ਸਿੰਘ ਬਹਿਰਾਮਪੁਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੂੰ ਭਰੋਸਾ ਦਵਾਇਆ ਕਿ ਉਹ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਬਹਿਰਾਮਪੁਰ, ਸੁਖਵਿੰਦਰ ਸਿੰਘ ਪਾਹੜਾ, ਕੁਲਵਿੰਦਰ ਸਿੰਘ ਚਿੱਟੀ, ਰਘੁਬੀਰ ਸਿੰਘ, ਮਹਿੰਦਰ ਸਿੰਘ ਮਾਟਾ, ਭੁਪਿੰਦਰ ਸਿੰਘ, ਅਰਜੁਨ ਸਿੰਘ, ਕੱਤੋਵਾਲ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰਵੀਨ ਚੌਧਰੀ, ਵਿਨੈ ਪਰਿਆਲ, ਸੰਜੀਵ ਸੈਣੀ, ਹੈਪੀ ਪਹਿਲਵਾਨ ਤੇ ਹੋਰ ਹਾਜ਼ਰ ਸਨ |