ਗੁਰਦਾਸਪੁਰ, 1 ਜੂਨ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾ ਕੇ ਪੰਜਾਬ ਅੰਦਰ ਇਕ ਮਿਸਾਲ ਕਾਇਮ ਕੀਤੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਟਾਲਾ ਤੇ ਧਾਰੀਵਾਲ 'ਚ ਬਿਨ੍ਹਾਂ ਪੱਖਪਾਤ ਤੋਂ ਚੋਣਾਂ ਕਰਵਾਈਆਂ ਗਈਆਂ ਹਨ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿਹੜਾ ਉਮੀਦਵਾਰ ਨਗਰ ਕੌਂਸਲ ਚੋਣਾਂ ਵਿਚ ਵੱਧ ਤੋਂ ਵੱਧ ਵੋਟਾਂ ਲੈ ਕੇ ਜਿੱਤੇਗਾ, ਉਨ੍ਹਾਂ ਨੂੰ ਵਾਰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਗਰ ਕੌਂਸਲ ਚੋਣਾਂ 'ਚ ਧਾਂਦਲੀਆਂ ਕੀਤੀਆਂ ਤੇ ਆਪਣੀ ਮਰਜ਼ੀ ਦੀਆਂ ਨਗਰ ਕੌਂਸਲ ਬਣਾਈਆਂ | ਪਰ ਇਸ ਵਾਰ ਅਜਿਹਾ ਨਹੀਂ ਹੋਣ ਦਿੱਤਾ ਗਿਆ | ਉਨ੍ਹਾਂ ਹਲਕਾ ਬਟਾਲਾ ਦੀ ਗੱਲ ਕਰਦਿਆਂ ਕਿਹਾ ਕਿ 75 ਸਾਲ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਸਰਕਾਰ ਨੇ ਕੂੜੇ ਦਾ ਮਸਲਾ ਹੱਲ ਨਹੀਂ ਕੀਤਾ | ਪਰ ਅਸੀਂ ਨਗਰ ਨਿਗਮ ਦੇ ਪਹਿਲੇ ਇਜਲਾਸ 'ਚ ਹੀ ਇਸ ਸਮੱਸਿਆ ਦਾ ਹੱਲ ਕਰਾਂਗੇ | ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਾਸੀ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ 'ਆਪ' ਉਮੀਦਵਾਰਾਂ ਨੂੰ ਜਿਤਾਉਣਗੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਵਿਚ ਜਿੱਤ ਹਾਸਿਲ ਕੀਤੀ ਹੈ, ਉਸੇ ਤਰ੍ਹਾਂ 2027 ਵਿਚ ਵੀ ਇਕ ਵਾਰ ਫਿਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਬਲਵਿੰਦਰ ਸਿੰਘ ਸਾਬਕਾ ਐਮ.ਸੀ, ਮਾਸਟਰ ਸ਼ਸ਼ੀ, ਸੁਨੀਚਤਾ ਸ਼ਰਮਾ, ਰਿਤੀਕਾ ਭਨੋਟ ਆਦਿ ਹਾਜ਼ਰ ਸਨ |