ਗੁਰਦਾਸਪੁਰ, 1 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸੇ ਤਹਿਤ ਵਾਰਡ ਨੰਬਰ 26 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰੇਖਾ ਵਰਮਾ ਪਤਨੀ ਰਜਿੰਦਰ ਬਿੱਟਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਸਬੰਧਿਤ ਚੋਣ ਅਧਿਕਾਰੀ ਕੋਲ ਦਾਖ਼ਲ ਕਰਵਾਏ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆ, ਰਾਕੇਸ਼ ਜੋਤੀ ਸਮੇਤ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ | ਪਾਰਟੀ ਆਗੂਆਂ ਨੇ ਰੇਖਾ ਵਰਮਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਭਾਜਪਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ | ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਲੋਕ ਭਲਾਈ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਉੱਤਰੀ ਹੈ | ਰੇਖਾ ਵਰਮਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਇਲਾਕੇ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣਗੇ |