ਗੁਰਦਾਸਪੁਰ, 5 ਜੂਨ (ਚੱਕਰਾਜਾ)-ਵੋਟਰ ਮੈਪਿੰਗ ਦੀ ਪ੍ਰਕਿਰਿਆ ਨੂੰ ਤੇਜ਼ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ, ਸੀਨੀਅਰ ਇਲੈੱਕਸ਼ਨ ਕਾਨੂੰਗੋ ਸੁਨੀਲ ਕੁਮਾਰ, ਅਮਿਤ ਕੁਮਾਰ ਤੇ ਭੁਪਿੰਦਰ ਸਿੰਘ ਸਮੇਤ ਚੋਣ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ | ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਮੈਪਿੰਗ ਦੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ ਤੇ ਅਜੇ ਤੱਕ ਅਣ-ਮੈਪਡ ਰਹਿ ਗਏ ਵੋਟਰਾਂ ਦੀ ਮੈਪਿੰਗ ਕਰਨਗੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇੇ ਤੱਕ ਆਪਣੀ ਵੋਟ ਨੂੰ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਨਹੀਂ ਕਰਵਾਇਆ, ਉਹ ਇਸ ਵਿਸ਼ੇਸ਼ ਮੌਕੇ ਦਾ ਲਾਭ ਲੈਂਦਿਆਂ ਆਪਣੇ ਸਬੰਧਿਤ ਪੋਲਿੰਗ ਸਟੇਸ਼ਨ 'ਤੇ ਪਹੁੰਚਣ ਅਤੇ ਬੀ.ਐਲ.ਓ ਨਾਲ ਸੰਪਰਕ ਕਰਕੇ ਆਪਣੀ ਮੈਪਿੰਗ ਕਰਵਾਉਣ | ਮਨਜਿੰਦਰ ਸਿੰਘ ਬਾਜਵਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ (ਬੀ.ਐਲ.ਏ.) ਰਾਹੀਂ ਬੀ.ਐਲ.ਓਜ਼ ਨੂੰ ਵੋਟਰ ਮੈਪਿੰਗ ਦੇ ਕੰਮ 'ਚ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ | ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਸਹੀ ਤੇ ਅੱਪਡੇਟ ਵੇਰਵਿਆਂ ਨਾਲ ਦਰਜ ਹੋਣਾ ਜ਼ਰੂਰੀ ਹੈ | ਇਸ ਮੌਕੇ ਅਧਿਕਾਰੀਆਂ ਵਲੋਂ ਵੋਟਰ ਮੈਪਿੰਗ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਤੇ ਬਾਕੀ ਰਹਿੰਦੇ ਕੰਮ ਨੂੰ ਜਲਦ ਪੂਰਾ ਕਰਨ ਲਈ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ |