ਗੁਰਦਾਸਪੁਰ, 8 ਜੂਨ (ਅਸ਼ੋਕ ਸ਼ਰਮਾ)-ਬੀਤੇ ਦਿਨੀਂ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰੀ ਤੋਂ ਸਤਾਏ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਸਰਕਾਰ ਦੀ ਸ਼ਹਿ ਉਪਰ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਵਲੋਂ ਮੰਡਲ ਦਫ਼ਤਰ ਵਿਖੇ ਪ੍ਰਦਰਸ਼ਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਨਿਰਮਲ ਸਿੰਘ ਬਸਰਾ ਨੇ ਕੀਤੀ | ਇਸ ਮੌਕੇ ਪੈਨਸ਼ਨਰਜ਼ ਯੂਨੀਅਨ ਏਟਕ ਦੇ ਸਰਕਲ ਆਗੂ ਕਾਮਰੇਡ ਬਲਵਿੰਦਰ ਉਦੀਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸੰਘਰਸ਼ਾਂ ਨੂੰ ਡੰਡੇ ਨਾਲ ਕੁਚਲਨ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ | ਬੇਰੁਜ਼ਗਾਰੀ ਨਾਲ ਝੰਬੇ ਲੋਕਾਂ ਨੂੰ ਸ਼ਾਂਤਮਈ ਅੰਦੋਲਨ ਕਰਨ ਤੋਂ ਵੀ ਸਰਕਾਰ ਵਲੋਂ ਜਬਰੀ ਰੋਕਿਆ ਜਾ ਰਿਹਾ ਹੈ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ | ਜਦਕਿ ਪਾਵਰਕਾਮ ਦੀ ਮੈਨੇਜਮੈਂਟ ਕੋਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪੰਜਾਬ ਦੇ ਬਿਜਲੀ ਕਾਮਿਆਂ ਵਲੋਂ 16 ਤੇ 17 ਜੂਨ ਦੋ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ, ਉਸ ਦਿਨ ਪਾਵਰਕਾਮ ਦੇ ਪੈਨਸ਼ਨਰਜ਼ ਸਾਥੀਆਂ ਵਲੋਂ ਕਾਲੀਆਂ ਝੰਡੀਆਂ ਨਾਲ ਜ਼ਿਲਾ ਹੈੱਡ ਕੁਆਰਟਰ 'ਤੇ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ ਜਾਵੇਗਾ ਅਤੇ 14 ਜੂਨ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |