ਬਟਾਲਾ, 12 ਜੂਨ (ਸਤਿੰਦਰ ਸਿੰਘ)-ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਗ੍ਰਹਿ ਅਰਬਨ ਅਸਟੇਟ ਬਟਾਲਾ ਵਿਖੇ ਅਹਿਮ ਤੇ ਯਾਦਗਾਰੀ ਮੁਲਾਕਾਤ ਦੌਰਾਨ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਦੇ ਸਹਿ ਪ੍ਰਭਾਰੀ ਸ੍ਰੀ ਸੂਰਜ ਠਾਕੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਦੋਵੇਂ ਸੀਨੀਅਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਮੌਜ਼ੂਦਾ ਰਾਜਨੀਤਿਕ ਸਥਿਤੀ, ਆਮ ਲੋਕਾਂ ਨਾਲ ਸਬੰਧਤ ਮੁੱਖ ਮੁੱਦਿਆਂ, ਵਿਕਾਸ ਕਾਰਜਾਂ ਤੇ ਕਾਂਗਰਸ ਪਾਰਟੀ ਦੀਆਂ ਭਵਿੱਖੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਆਈ ਹੈ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲਗਾਤਾਰ ਲੜਦੀ ਰਹੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਤੇ ਆਗੂਆਂ ਦੀ ਮਿਹਨਤ ਸਦਕਾ ਕਾਂਗਰਸ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਉਭਰ ਰਹੀ ਹੈ | ਇਸ ਮੌਕੇ ਸ੍ਰੀ ਸੂਰਜ ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਨੀਂਹ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਹੋਰ ਸਰਗਰਮ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਪੰਜਾਬ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਤੇ ਸੂਰਜ ਠਾਕੁਰ ਦਾ ਆਪਣੇ ਗ੍ਰਹਿ ਪਹੁੰਚਣ 'ਤੇ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਵਰਕਰਾਂ ਲਈ ਹੌਸਲਾ ਵਧਾਉਣ ਵਾਲੀ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਲੋਕ ਸੇਵਾ ਲਈ ਪਹਿਲਾਂ ਦੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕਰਦੇ ਰਹਿਣਗੇ | ਅੰਤ 'ਚ ਸਾਰੇ ਆਗੂਆਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ, ਵਿਕਾਸ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ |