ਪਠਾਨਕੋਟ, 13 ਜੂਨ (ਸੁਮਿਤ)-ਸ਼ਹਿਰ ਦੇ ਗਾੜ੍ਹੀ ਅਹਾਤਾ ਚੌਕ ਸਥਿਤ ਸ਼ਹੀਦ ਸਮਾਰਕ ਸਥਲ ਦੀ ਨੁਹਾਰ ਜਲਦ ਹੀ ਬਦਲਣ ਜਾ ਰਹੀ ਹੈ | ਸਮਾਰਕ ਸਥਲ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ | ਨਿਰੀਖਣ ਦੌਰਾਨ ਵਿਭੂਤੀ ਸ਼ਰਮਾ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਬਣਾਏ ਗਏ ਸਮਾਰਕ ਸਾਡੇ ਲਈ ਪੇ੍ਰਰਨਾ ਦੇ ਕੇਂਦਰ ਹਨ ਅਤੇ ਇਨ੍ਹਾਂ ਦੀ ਸੰਭਾਲ ਅਤੇ ਸੁੰਦਰੀਕਰਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਸਮਾਰਕ ਸਥਲ ਨੂੰ ਆਧੁਨਿਕ ਰੂਪ ਦੇਣ ਲਈ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਪਰਿਸਰ ਦੀ ਮੁਰੰਮਤ, ਸਫ਼ਾਈ, ਰੰਗ-ਰੋਗਨ, ਰੌਸ਼ਨੀ ਦੀ ਵਿਵਸਥਾ ਅਤੇ ਆਲੇ-ਦੁਆਲੇ ਦੇ ਖੇਤਰ ਦਾ ਸੁੰਦਰੀਕਰਨ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਤੋਂ ਬਾਅਦ ਸ਼ਹੀਦ ਸਮਾਰਕ ਸਥਲ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਇਹ ਸਥਾਨ ਸ਼ਹਿਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੇਗਾ | ਇਸ ਦੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪੇ੍ਰਰਨਾ ਲੈਣ ਦਾ ਮੌਕਾ ਵੀ ਮਿਲੇਗਾ | ਵਿਭੂਤੀ ਸ਼ਰਮਾ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ |