ਗੁਰਦਾਸਪੁਰ, 14 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਨੰਬਰ-56 ਦੇ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਲਾਗੂ ਕਰਵਾਉਣ ਲਈ ਪੰਜਾਬ ਗੌਰਮਿੰਟ ਪੈਨਸ਼ਨਰ ਜਾਇੰਟ ਫਰੰਟ ਪੰਜਾਬ ਦੀ ਅਗਵਾਈ ਹੇਠ ਪੰਜਾਬ ਪੱਧਰ ਦੀ ਕਨਵੈਨਸ਼ਨ 17 ਜੂਨ ਨੰੂ ਦੇਸ਼ ਭਗਤ ਹਾਲ ਜਲੰਧਰ ਵਿਖੇ ਕਰਵਾਈ ਜਾ ਰਹੀ ਹੈ | ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਪੰਜਾਬ ਦੇ ਯੋਗ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਲ ਗੁਰਦਾਸਪੁਰ ਦੀਆਂ ਮੰਡਲਾਂ ਗੁਰਦਾਸਪੁਰ, ਕਾਦੀਆਂ, ਸ਼ਹਿਰੀ ਪਠਾਨਕੋਟ, ਦਿਹਾਤੀ ਪਠਾਨਕੋਟ, ਸ਼ਹਿਰੀ ਮੰਡਲ ਬਟਾਲਾ, ਧਾਰੀਵਾਲ ਮੰਡਲ, ਦਿਹਾਤੀ ਮੰਡਲ ਬਟਾਲਾ ਤੋਂ ਪੈਨਸ਼ਨਰ 17 ਜੂਨ ਨੰੂ ਵੱਧ ਚੜ ਕੇ ਸ਼ਾਮਿਲ ਹੋਣਗੇ | ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰਕੇ ਸਾਰੇ ਹੀ ਮੰਡਲ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਪ੍ਰਤੀਸ਼ਤ ਡੀ.ਏ. ਉਸ ਦਾ ਬਣਦਾ ਪਿਛਲਾ ਬਕਾਇਆ, ਪੁਰਾਣੀ ਪੈਨਸ਼ਨ 1972 ਨਿਯਮ ਤਹਿਤ ਲਾਗੂ ਕਰਨ ਤੋਂ ਇਲਾਵਾ ਬਹੁਤ ਸਾਰੀਆਂ ਮੰਗਾਂ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈਕੋਰਟ ਦੇ ਫੈਸਲੇ ਮੁਤਾਬਿਕ ਵੀ ਲਾਗੂ ਕਰਨ ਤੋਂ ਭੱਜ ਰਹੀ ਹੈ | ਮੰਗਾਂ ਲਾਗੂ ਕਰਵਾਉਣ ਲਈ ਕਨਵੈਨਸ਼ਨ ਵਿਚ ਹੋਰ ਵੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਸਰਕਾਰ ਕੋਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਕਰਵਾਈਆਂ ਜਾ ਸਕਣ |