ਪਠਾਨਕੋਟ, 14 ਜੂਨ (ਸੁਮਿਤ)-ਫਾਸ਼ੀ ਹਮਲਿਆਂ ਵਿਰੁੱਧ ਫ਼ਰੰਟ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਸੀ.ਪੀ.ਆਈ. ਆਗੂ ਕਾਮਰੇਡ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 22 ਜੂਨ 2026 ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਆਰ.ਐਮ.ਪੀ.ਆਈ., ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ਦੇ ਆਗੂਆਂ ਨੇ ਹਿੱਸਾ ਲਿਆ | ਨੱਥਾ ਸਿੰਘ ਡਡਵਾਲ, ਸ਼ਿਵ ਕੁਮਾਰ ਅਤੇ ਬਲਵੰਤ ਸਿੰਘ ਘੋਹ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਧਰਮ ਤੇ ਜਾਤ-ਪਾਤ ਦੇ ਆਧਾਰ 'ਤੇ ਸਮਾਜ ਵਿਚ ਵੰਡ ਪੈਦਾ ਕਰ ਰਹੀ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਵਿਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰੀ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰਿਕ ਹੱਕਾਂ 'ਤੇ ਹਮਲੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਲਗਾਤਾਰ ਵੱਧ ਰਹੀਆਂ ਹਨ | ਫ਼ਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ 22 ਜੂਨ ਨੂੰ ਗਾਂਧੀ ਚੌਕ ਪਠਾਨਕੋਟ ਵਿਖੇ ਰੋਸ ਰੈਲੀ ਅਤੇ ਪ੍ਰਦਰਸ਼ਨ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ | ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ |