ਪਠਾਨਕੋਟ, 15 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮਹੀਨਾਵਾਰ ਆਰਥਿਕ ਸਹਾਇਤਾ ਯੋਜਨਾ ਨੂੰ ਲੈ ਕੇ ਪਠਾਨਕੋਟ ਹਲਕੇ 'ਚ ਉਤਸ਼ਾਹਪੂਰਨ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਵੱਖ-ਵੱਖ ਵਾਰਡਾਂ ਤੇ ਪਿੰਡਾਂ 'ਚ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਅਬਰੋਲ ਨਗਰ ਤੇ ਪਿੰਡ ਅਕਾਲਗੜ੍ਹ ਸਮੇਤ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਮੌਕੇ 'ਤੇ ਮੌਜੂਦ ਮਹਿਲਾਵਾਂ ਨਾਲ ਗੱਲਬਾਤ ਕਰਦਿਆਂ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸਰਕਾਰ ਵਲੋਂ ਚੁੱਕਿਆ ਕਦਮ ਸਮਾਜ ਵਿਚ ਸਕਰਾਤਮਕ ਬਦਲਾਅ ਲਿਆਏਗਾ ਤੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਮਹਿਲਾਵਾਂ ਨੇ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਰਥਿਕ ਸਹਾਰਾ ਸਾਬਤ ਹੋਵੇਗੀ |