ਗੁਰਦਾਸਪੁਰ, 18 ਜੂਨ (ਚੱਕਰਾਜਾ)- ਗੁਰਦਾਸਪੁਰ ਨਗਰ ਕੌਂਸਲ ਚੋਣਾਂ ’ਚ ਸ਼ਹਿਰ ਵਾਸੀਆਂ ਨੇ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਈ ਹੈ, ਅਸੀਂ ਇਸ ਪਿਆਰ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦਾਸਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਾਂਝੇ ਬਿਆਨ ਵਿਚ ਕੀਤਾ। ਬਰਿੰਦਰਮੀਤ ਸਿੰਘ ਪਾਹੜਾ ਤੇ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਪਿਛਲੇ ਪੰਜ ਸਾਲਾ ਤੋਂ ਸਰਕਾਰ ਦੀ ਅਣਹੋਂਦ ਦੇ ਬਾਵਜੂਦ ਉਹ ਸ਼ਹਿਰ ਵਿਚ ਵੱਡੇ ਪੱਧਰ ֹ’ਤੇ ਵਿਕਾਸ ਕਾਰਜ ਕਰਵਾਉਣ ਵਿਚ ਕਾਮਯਾਬ ਰਹੇ, ਇਕ ਪਾਸੇ ਜਿਥੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ, ਦੂਜੇ ਪਾਸੇ ਹਰ ਵਾਰਡ ਦੇ ਵਸਨੀਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਗਿਆ। ਇਹੀ ਕਾਰਨ ਹੈ ਕਿ ਲੋਕਾਂ ਨੇ ਚੋਣਾਂ ਦੌਰਾਨ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੱਤਾਧਾਰੀ ਪਾਰਟੀ ਦੇ ਦਿਖਾਵੇ ਨੂੰ ਰੱਦ ਕਰ ਦਿੱਤਾ ਹੈ ਅਤੇ ਪਿਛਲੇ ਪੰਜ ਸਾਲਾ ਤੋਂ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਸਮਰਥਨ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਕਾਂਗਰਸ ਪਾਰਟੀ ਨੇ 29 ਵਿਚੋਂ 21 ਸੀਟਾਂ ’ਤੇ ਸ਼ਾਨਦਾਰ ਬਹੁਮਤ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਵਾਸੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਅਗਲੇ ਪੰਜ ਸਾਲਾ ਵਿਚ ਵਿਕਾਸ ਦੇ ਮਾਮਲੇ ਵਿਚ ਗੁਰਦਾਸਪੁਰ ਨੂੰ ਨੰਬਰ ਇਕ ਸ਼ਹਿਰ ਬਣਾਵਾਂਗੇ।