ਗੁਰਦਾਸਪੁਰ, 19 ਜੂਨ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਦੀਆਂ ਹਦਾਇਤਾਂ ’ਤੇ ਆਰ.ਟੀ.ਓ ਦਫ਼ਤਰ ਦਾ ਕੰਮ ਸੁਚਾਰੂ ਰੂਪ ਵਿਚ ਚੱਲ ਰਿਹਾ ਹੈ ਤੇ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਆਰ.ਟੀ.ਓ ਜੋਬਨਪ੍ਰੀਤ ਕੌਰ ਨੇ ਦੱਸਿਆ ਕਿ ਦਫ਼ਤਰ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੰਮ ਆਨਲਾਈਨ ਚੱਲ ਰਿਹਾ ਹੈ ਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਤੇ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਦਫ਼ਤਰ ਦਾ ਕੰਮ ਪੈਂਡਿੰਗ ਨਹੀਂ ਹੈ ਤੇ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੁਝ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਉਹ ਜਾਂਚ ਪੜਤਾਲ ਕਰਵਾ ਰਹੇ ਹਨ ਅਤੇ ਜਲਦ ਹੀ ਪੁਰਾਣੀਆਂ ਫਾਈਲਾਂ ਦੀ ਪੜਤਾਲ ਕਰਵਾ ਕੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਨੇ ਦਫ਼ਤਰ ਦੇ ਸਮੂਹ ਸਟਾਫ਼ ਨੂੰ ਤਾੜਨਾ ਕੀਤੀ ਕਿ ਲੋਕਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਅਤੇ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।