ਬਟਾਲਾ, 22 ਜੂਨ (ਸਤਿੰਦਰ ਸਿੰਘ)-ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਵਾਰਡ ਨੰਬਰ 25 ਮੜੀਆਂਵਾਲ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਜੇਤੂ ਤੇ ਉਪ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਅਤੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਕਲੱਬ ਦੇ ਮੈਂਬਰਾਂ ਅਤੇ ਸਮੂਹ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਪਿੰਡਾਂ ਵਿਚ ਇਸ ਤਰ੍ਹਾਂ ਦੇ ਖੇਡ ਮੇਲੇ ਨਿਰੰਤਰ ਲਗਦੇ ਰਹਿਣੇ ਚਾਹੀਦੇ ਹਨ, ਕਿਉਂਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਗਾ ਕੇ ਆਪਣੇ ਪਿੰਡ, ਇਲਾਕੇ ਅਤੇ ਪੰਜਾਬ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੌਰ ’ਤੇ ਹੀ ਨਹੀਂ, ਸਗੋਂ ਮਾਨਸਿਕ ਤੌਰ ’ਤੇ ਵੀ ਮਨੁੱਖ ਨੂੰ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਨਾਲ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਟੂਰਨਾਮੈਂਟ ਦੌਰਾਨ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ, ਪਿੰਡ ਵਾਸੀਆਂ ਅਤੇ ਕਲੱਬ ਮੈਂਬਰਾਂ ਨੇ ਹਾਜ਼ਰੀ ਭਰੀ।