ਗੁਰਦਾਸਪੁਰ, 22 ਜੂਨ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਗੁਰਦਾਸਪੁਰ ਵਿਧਾਨ ਸਭਾ ਹਲਕੇ ’ਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਹਲਕੇ ਦੇ 13 ਪਿੰਡਾਂ ਦੇ ਚਹੁਪੱਖੀ ਵਿਕਾਸ ਲਈ 55 ਲੱਖ 29 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਕਾਰਨ ਪਿੰਡਾਂ ’ਚ ਛੱਪੜਾਂ ਦੀ ਸਫਾਈ ਤੇ ਪਾਣੀ ਦੀ ਨਿਕਾਸੀ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਦੇ ਛੱਪੜ ਗੰਦੇ ਪਾਣੀ ਨਾਲ ਭਰੇ ਹਨ, ਇਸ ਲਈ ਇਸ ਗ੍ਰਾਂਟ ਦਾ ਵੱਡਾ ਹਿੱਸਾ ਛੱਪੜਾਂ ਦੀ ਸਫਾਈ ਤੇ ਗੰਦੇ ਪਾਣੀ ਦੇ ਸਹੀ ਪ੍ਰਬੰਧ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫਾਈ, ਪਾਣੀ ਦੇ ਨਿਕਾਸ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ ਤੇ ਸਫਾਈ, ਸਿਹਤ ਤੇ ਸਮਾਜਿਕ ਬੁਨਿਆਦੀ ਢਾਂਚੇ ਵਿਚ ਹੋਰ ਸੁਧਾਰ ਆਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ ਬੱਬਰੀ, ਬੀ.ਡੀ.ਪੀ.ਓ ਯੂਸਫ ਮਸੀਹ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ।