ਗੁਰਦਾਸਪੁਰ, 24 ਜੂਨ (ਚੱਕਰਾਜਾ)-ਬੀਤੇ ਕੱਲ੍ਹ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਗੁਰਦਾਸਪੁਰ ਦੇ ਪਿੰਡ ਔਜਲਾ ਦੇ ਰਹਿਣ ਵਾਲੇ ਇਕ 18 ਸਾਲ ਦੇ ਨੌਜਵਾਨ ਅਭਿਸ਼ੇਕ ਅਭੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਕ ਵਿਅਕਤੀ ’ਤੇ ਕਤਲ ਦਾ ਸ਼ੱਕ ਜਤਾਇਆ ਸੀ, ਜੋ ਕੱਲ੍ਹ ਤੋਂ ਫਰਾਰ ਹੈ । ਨੌਜਵਾਨ ਦੀ ਮੌਤ ਦਾ ਮਾਮਲਾ ਅੰਮ੍ਰਿਤਸਰ ਦੇ ਇਕ ਥਾਣੇ ਵਿਚ ਦਰਜ ਕੀਤਾ ਗਿਆ ਹੈ। ਪਰ ਪਰਿਵਾਰਕ ਮੈਂਬਰਾਂ ਨੇ ਦੇਰ ਸ਼ਾਮ ਮ੍ਰਿਤਕ ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਕੇ ਜੰਮੂ-ਅੰਮ੍ਰਿਤਸਰ ਹਾਈਵੇ ਜਾਮ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਅਤੇ ਪਰਿਵਾਰ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।