ਗੁਰਦਾਸਪੁਰ, 24 ਜੂਨ (ਅਸ਼ੋਕ ਸ਼ਰਮਾ)-ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਅੱਜ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਐਸ.ਆਈ.ਆਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਗੁਰਦਾਸਪੁਰ ਵਿਚ ਕੁੱਲ 1553 ਬੀ.ਐਲ.ਓਜ਼, 161 ਸੈਕਟਰ ਸੁਪਰਵਾਈਜ਼ਰ, 7 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਗਣਨਾ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ ਜੋ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫਤਰ ਜ਼ਿਲ੍ਹਾ ਮਾਲ ਅਫਸਰ ਕਮਰਾ ਨੰਬਰ 204 ਬੀ ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਿਸ਼ੇਸ਼ ‘ਸੈੱਲ’ ਸ਼ਿਕਾਇਤਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਹੈ, ਐੱਸ ਆਈ ਆਰ ਨਾਲ ਸਬੰਧਤ ਕਿਸੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 1950 ‘ਤੇ ਕਾਲ ਕਰਕੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਜਾਣਕਾਰੀ ਲਈ ਜਾ ਸਕਦੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਵੀ ਮੌਜੂਦ ਸਨ।