ਨਰੋਟ ਮਹਿਰਾ, 30 ਜੂਨ (ਰਾਜ ਕੁਮਾਰੀ)-ਜ਼ਿਲ੍ਹਾ ਪਠਾਨਕੋਟ ਵਿਚ ਗੈਰ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਉਸਾਰੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਿੰਡ ਝਾਖੋਲਾਹੜੀ ਅਤੇ ਜਸਵਾਂ ਲਾਹੜੀ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਦੇ ਹੁਕਮਾਂ ਅਨੁਸਾਰ ਗੈਰ-ਅਧਿਕਾਰਤ ਵਪਾਰਕ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਜ਼ਿਲ੍ਹਾ ਟਾਊਨ ਪਲਾਨਰ (ਡੀ.ਟੀ.ਪੀ.), ਸਹਾਇਕ ਟਾਊਨ ਪਲਾਨਰ (ਏ.ਟੀ.ਪੀ.), ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਰੈਗੂਲੇਟਰੀ ਵਿੰਗ ਦੀ ਐਨਫੋਰਸਮੈਂਟ ਟੀਮ ਵਲੋਂ ਸਾਂਝੇ ਤੌਰ ’ਤੇ ਅਮਲ ਵਿਚ ਲਿਆਂਦੀ ਗਈ। ਕਾਰਵਾਈ ਦੌਰਾਨ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ। ਉਨ੍ਹਾਂ ਕਿਹਾ ਹੈ ਕਿ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਤੇ ਸ਼ਹਿਰੀ ਯੋਜਨਾਬੰਦੀ ਨਾਲ ਸਬੰਧਿਤ ਕਾਨੂੰਨਾਂ ਦੀ ਪਾਲਣਾ ਕਰਵਾਉਣ ਲਈ ਗੈਰ-ਅਧਿਕਾਰਤ ਉਸਾਰੀਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਕਲੋਨੀ, ਪਲਾਟ ਜਾਂ ਵਪਾਰਕ ਪ੍ਰੋਜੈਕਟ ਵਿਚ ਨਿਵੇਸ਼ ਕਰਨ ਤੋਂ ਪਹਿਲਾਂ ਸਬੰਧਿਤ ਵਿਭਾਗ ਤੋਂ ਉਸ ਦੀਆਂ ਲੋੜੀਂਦੀਆਂ ਕਾਨੂੰਨੀ ਮਨਜ਼ੂਰੀਆਂ ਦੀ ਤਸਦੀਕ ਜ਼ਰੂਰ ਕਰ ਲੈਣ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।