ਗੁਰਦਾਸਪੁਰ, 1 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਅਰਜਨਪੁਰ ਗੁੰਝੀਆਂ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਆਨਲਾਈਨ ਫਾਰਮਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੀ ਆਂਗਣਵਾੜੀ ਵਰਕਰ ਤੇ ਹੈਲਪਰ ਵਲੋਂ ਪਿੰਡ ਦੇ ਨੌਜਵਾਨ ’ਤੇ ਉਨ੍ਹਾਂ ਨੂੰ ਗਾਲੀ ਗਲੋਚ ਕਰਕੇ ਬੇਇੱਜ਼ਤ ਕਰਨ ਦੇ ਦੋਸ਼ ਲਗਾਏ ਹਨ। ਆਂਗਣਵਾੜੀ ਵਰਕਰ ਅਨੀਤਾ ਦੇਵੀ ਨੇ ਦੱਸਿਆ ਕਿ ਉਹ ਪਿੰਡ ਅੰਦਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਅਪਲਾਈ ਕਰ ਰਹੀਆਂ ਸਨ ਕਿ ਇਸੇ ਦੌਰਾਨ ਇਕ ਨੌਜਵਾਨ ਉਨ੍ਹਾਂ ਨਾਲ ਬਹਿਸ ਕਰਨ ਲੱਗ ਪਿਆ, ਜਿਸ ਨੇ ਗਾਲੀ ਗਲੋਚ ਕਰਨ ਤੋਂ ਇਲਾਵਾ ਉਨ੍ਹਾਂ ਦੇ ਸਰਕਾਰੀ ਕੰਮ ਵਿਚ ਵਿਘਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਉਨ੍ਹਾਂ ਇਸ ਦੀ ਸੂਚਨਾ ਥਾਣਾ ਪੁਰਾਣਾ ਸ਼ਾਲਾ ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਇਹ ਮਾਮਲਾ ਪਿੰਡ ਦੀ ਸਰਪੰਚ ਦੇ ਧਿਆਨ ਵਿਚ ਵੀ ਲਿਆਂਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਉਕਤ ਨੌਜਵਾਨ ਖ਼ਿਲਾਫ਼ ਕਾਰਵਾਈ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।