ਪਠਾਨਕੋਟ, 1 ਜੁਲਾਈ (ਸੁਮਿਤ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਐਥਨੋਲ ਮਿਸ਼ਰਤ ਪੈਟਰੋਲ ਨੂੰ ਪ੍ਰੋਤਸਾਹਿਤ ਕਰਨ ਦੇ ਫ਼ੈਸਲੇ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਵਾਹਨ ਚਾਲਕਾਂ ਲਈ ਮਹਿੰਗਾ ਸਾਬਤ ਹੋ ਸਕਦਾ ਹੈ। ਅਸ਼ੋਕ ਕੁਮਾਰ ਨੇ ਦੋਸ਼ ਲਗਾਇਆ ਕਿ ਐਥਨੋਲ ਮਿਸ਼ਰਤ ਪੈਟਰੋਲ ਕਾਰਨ ਪੁਰਾਣੇ ਵਾਹਨਾਂ ਦੇ ਇੰਜਨਾਂ ‘ਤੇ ਵਾਧੂ ਦਬਾਅ ਪੈ ਸਕਦਾ ਹੈ। ਜਿਸ ਨਾਲ ਉਨ੍ਹਾਂ ਦੀ ਦੇਖਭਾਲ ਤੇ ਮੁਰੰਮਤ ਦਾ ਖਰਚ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਨੀਤੀ ਲਾਗੂ ਕਰਨ ਤੋਂ ਪਹਿਲਾਂ ਆਮ ਲੋਕਾਂ ਅਤੇ ਵਾਹਨ ਮਾਹਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਤੇ ਲੋਕਾਂ ਨੂੰ ਇਸ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਪੂਰੀ ਜਾਣਕਾਰੀ ਦੇਵੇ। ਅਸ਼ੋਕ ਕੁਮਾਰ ਨੇ ਕਿਹਾ ਕਿ ਲੋਕ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ ਅਤੇ ਅਜਿਹੇ ਫ਼ੈਸਲੇ ਉਨ੍ਹਾਂ ‘ਤੇ ਵਾਧੂ ਆਰਥਿਕ ਬੋਝ ਪਾ ਸਕਦੇ ਹਨ। ਉਨ੍ਹਾਂ ਸਰਕਾਰ ਨੂੰ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ।