ਡੇਰਾ ਬਾਬਾ ਨਾਨਕ, 2 ਜੁਲਾਈ (ਹੀਰਾ ਸਿੰਘ ਮਾਂਗਟ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਦਸਤਾਵੇਜੀ ਫ਼ਿਲਮ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਅੰਦਰ ਹਰ ਰੋਜ਼ 2 ਪਿੰਡਾਂ ਨੂੰ ਦਿਖਾਈ ਜਾਇਆ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਲਛਮਣ ਸਿੰਘ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਨੇ ਵੱਖ-ਵੱਖ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਉਲੀਕੇ ਗਏ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅੱਜ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਡੇਰਾ ਬਾਬਾ ਨਾਨਕ, ਨਾਇਬ ਤਹਿਸੀਲਦਾਰ ਡੇਰਾ ਬਾਬਾ ਨਾਨਕ, ਪੁਲਿਸ ਵਿਭਾਗ ਤੇ ਹੋਰ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਸੰਤਾਂ ਮਹਾਂਪੁਰਖਾਂ ਤੇ ਗੁਰੂ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਰਲ-ਮਿਲ ਕੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਸਕਣ। ਇਸ ਮੌਕੇ ਬੀ.ਡੀ.ਪੀ.ਓ. ਸੁਰਜੀਤ ਸਿੰਘ ਬਰਾੜ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਕਾਰਜ ਸਾਧਕ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ, ਕਾਨੂੰਗੋ ਜਸਵੰਤ ਸਿੰਘ ਦਾਲਮ ਕਾਨੂੰਗੋ ਅਸ਼ੋਕ ਕੁਮਾਰ, ਇੰਦਰਜੀਤ ਸਿੰਘ ਰੀਡਰ ਐੱਸ.ਡੀ.ਐੱਮ., ਸਰਬਜੀਤ ਸਿੰਘ ਰੀਡਰ ਤਹਿਸੀਲਦਾਰ ਤੇ ਪੰਚਾਇਤ ਸਕੱਤਰ ਨਰਿੰਦਰ ਸਿੰਘ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।