ਪਠਾਨਕੋਟ, 3 ਜੁਲਾਈ (ਵਿਨੋਦ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖਿਚੋਤਾਣੀ ਦੇ ਚਲਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ’ਤੇ ਅਸਰ ਪਿਆ ਹੈ, ਜਿਸ ਨਾਲ ਸਮੁੱਚੇ ਸਿੱਖ ਸਮਾਜ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਪੁਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਿੱਖ ਸਮਾਜ ਨੂੰ ਉਲਾਝਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਜਥੇਦਾਰ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੇਵਾ ਨਿਭਾਉਂਦੇ ਸੀ, ਉਨ੍ਹਾਂ ਹਮੇਸ਼ਾ ਹੀ ਮਰਿਆਦਾ ਬਣਾਈ ਰੱਖੀ ਤੇ ਸਿੱਖੀ ਸਿਧਾਂਤਾਂ ਦੇ ਚੱਲਦੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦਾ ਨਿਰਮਾਣ ਕੀਤਾ ਤੇ ਸਿੱਖ ਸਮਾਜ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਸਿੱਖ ਅੱਜ ਸਾਰੇ ਮਸਲੇ ’ਤੇ ਚੁੱਪੀ ਧਾਰੇ ਬੈਠੇ ਹਨ, ਸਿਰਫ ਉਨ੍ਹਾਂ ਦੀ ਹੀ ਪਾਰਟੀ ਸਿੱਖੀ ਲਈ ਖੜੀ ਹੋਈ ਹੈ। ਉਨ੍ਹਾਂ ਦੱਸਿਆ ਕਿ 6 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।