ਪਠਾਨਕੋਟ, 3 ਜੁਲਾਈ (ਸੰਧੂ)-ਆਮ ਆਦਮੀ ਪਾਰਟੀ ਦੇ ਐੱਸ.ਸੀ ਵਿੰਗ ਦੇ ਸੂਬਾ ਸਕੱਤਰ, ਮਾਝਾ ਜੋ਼ਨ ਦੇ ਇੰਚਾਰਜ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੋਆ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਭਰਪੂਰ ਸਵਾਗਤ ਕਰਦਿਆਂ ਇਸ ਨੂੰ ਸੂਬੇ ਦੀਆਂ ਮਹਿਲਾਵਾਂ ਦੇ ਸਨਮਾਨ, ਆਰਥਿਕ ਸੁਰੱਖਿਆ ਤੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ ਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਵੀ ਉਸੇ ਵਚਨਬੱਧਤਾ ਦਾ ਪ੍ਰਮਾਣ ਹੈ। ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਸਤਿਕਾਰ ਯੋਜਨਾ ਸਿਰਫ਼ ਇਕ ਵਿੱਤੀ ਸਹਾਇਤਾ ਸਕੀਮ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਸਨਮਾਨ ਦੇਣ ਤੇ ਉਨ੍ਹਾਂ ਨੂੰ ਸਮਾਜ ਵਿਚ ਹੋਰ ਮਜ਼ਬੂਤ ਸਥਾਨ ਪ੍ਰਦਾਨ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ ਤੇ ਸਮਾਜਿਕ ਭਲਾਈ ਦੇ ਖੇਤਰ ਵਿਚ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਤਿਕਾਰ ਯੋਜਨਾ ਸਬੰਧੀ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਰਸਮਾਂ ਪੂਰੀਆਂ ਕਰਨ ਤਾਂ ਜੋ ਉਹ ਇਸ ਲੋਕ-ਭਲਾਈ ਯੋਜਨਾ ਦਾ ਪੂਰਾ ਲਾਭ ਪ੍ਰਾਪਤ ਕਰ ਸਕਣ।