ਪਠਾਨਕੋਟ, 4 ਜੁਲਾਈ (ਸੁਮਿਤ, ਵਿਨੋਦ)-ਵਾਰਡ ਨੰਬਰ 25 ਵਿਚ ਹੋਏ ਗੁਲਸ਼ਨ ਕੁਮਾਰ ਦੇ ਕਤਲ ਮਾਮਲੇ ਵਿਚ ਪਠਾਨਕੋਟ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਹੋਰ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਡੀ.ਐੱਸ.ਪੀ ਸਿਟੀ ਦਫ਼ਤਰ ਵਿਚ ਬੁਲਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਪੀ (ਡੀ) ਮਨੋਜ ਠਾਕੁਰ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮਾਂ ਨੂੰ ਫ਼ਰਾਰ ਹੋਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ ਸਿਟੀ ਜਗਦੀਸ਼ ਰਾਜ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਮਨਦੀਪ ਸਲਗੋਤਰਾ ਅਤੇ ਥਾਣਾ ਡਿਵੀਜ਼ਨ ਨੰਬਰ-2 ਦੇ ਮੁਖੀ ਇੰਸਪੈਕਟਰ ਅਮਿਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਜਾਂਚ ਦੌਰਾਨ ਪਤਾ ਲੱਗਾ ਕਿ ਮੁੱਖ ਮੁਲਜ਼ਮ ਇਕ ਸਵਿਫਟ ਕਾਰ ਵਿਚ ਸਵਾਰ ਹੋ ਕੇ ਸ੍ਰੀਨਗਰ ਵੱਲ ਫ਼ਰਾਰ ਹੋ ਰਹੇ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਹੋਰ ਜ਼ਿਲ੍ਹਿਆਂ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਊਧਮਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਸਵਿਫਟ ਕਾਰ ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਰਾਹੁਲ, ਵਿੱਕੀ, ਧੂਰੀ ਅਤੇ ਰਾਜਨ ਵਜੋਂ ਹੋਈ ਹੈ ਜੋ ਸਾਰੇ ਮੁਹੱਲਾ ਕੱਚੇ ਕੁਆਰਟਰ ਦੇ ਵਸਨੀਕ ਦੱਸੇ ਜਾ ਰਹੇ ਹਨ। ਐਸ.ਪੀ (ਡੀ) ਮਨੋਜ ਠਾਕੁਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਫ਼ਰਾਰ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਕਾਂਡ ਵਿਚ ਸ਼ਾਮਿਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।