ਘਰੋਟਾ, 8 ਜੁਲਾਈ (ਸੰਜੀਵ ਗੁਪਤਾ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਾਜਾ ਵੜਿੰਗ ਨਾਲ ਭੋਆ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਫਤਿਹਪੁਰੀਆ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਦਿਲੋਂ ਵਧਾਈ ਦਿੱਤੀ ਤੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਲਬੀਰ ਫਤਿਹਪੁਰੀਆ ਨੇ ਕਿਹਾ ਕਿ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ ਤੇ ਪਾਰਟੀ ਸੰਗਠਨ ਨੂੰ ਨਵੀਂ ਦਿਸ਼ਾ ਤੇ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਕਾਂਗਰਸ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਮੁਲਾਕਾਤ ਦੌਰਾਨ ਭੋਆ ਹਲਕੇ ਦੇ ਸੰਗਠਨਾਤਮਿਕ ਢਾਂਚੇ, ਪਾਰਟੀ ਦੀ ਮਜ਼ਬੂਤੀ ਤੇ ਇਲਾਕੇ ਦੀਆਂ ਲੋਕ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਬਲਬੀਰ ਫਤਿਹਪੁਰੀਆ ਨੇ ਕਿਹਾ ਕਿ ਜਲਦੀ ਹੀ ਭੋਆ ਹਲਕੇ ’ਚ ਪਾਰਟੀ ਵਰਕਰਾਂ ਤੇ ਆਮ ਲੋਕਾਂ ਨੂੰ ਇਕੱਠਾ ਕਰਕੇ ਸੰਗਠਨ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੀ ਹੈ ਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਜ਼ਬੂਤ ਸੰਗਠਨ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ।