ਗੁਰਦਾਸਪੁਰ, 9 ਜੁਲਾਈ (ਚੱਕਰਾਜਾ)-ਅੱਜ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਆਦਿੱਤਯ ਨੇ ਦੱਸਿਆ ਕਿ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ, ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਭਰ ਵਿਚ ਸ਼ੱਕੀ ਵਾਹਨਾਂ, ਸ਼ੱਕੀ ਵਿਅਕਤੀਆਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਨਾਗਰਿਕਾਂ ਲਈ ਸੁਰੱਖਿਅਤ ਮਾਹੌਲ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ, ਇਸ ਲਈ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਅਪਰਾਧਿਕ ਵਿਅਕਤੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਸ ਖ਼ਿਲਾਫ਼ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।