ਹਰਚੋਵਾਲ, 10 ਜੁਲਾਈ (ਭਾਮ, ਢਿੱਲੋਂ)-ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਨ ਵਾਲੇ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਲੋਕ-ਹਿਤੈਸ਼ੀ ਪਹਿਲ ਨਾਲ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮਾਵਾਂ ਤੇ ਧੀਆਂ ਨੂੰ ਸਨਮਾਨ ਤੇ ਆਰਥਿਕ ਸਹਾਰਾ ਦੇਣ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਸਮਾਜ ਵਿਚ ਮਹਿਲਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਤੇ ਸਮਾਜਿਕ ਭਲਾਈ ਦੇ ਖੇਤਰਾਂ ’ਚ ਲਗਾਤਾਰ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਲਿਜਾਣ ਵਿਚ ਆਪਣਾ ਸਹਿਯੋਗ ਦੇਣ।