ਪਠਾਨਕੋਟ, 10 ਜੁਲਾਈ (ਸੁਮਿਤ)-ਪਠਾਨਕੋਟ-ਜਲੰਧਰ ਹਾਈਵੇ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸੜਕ ਕਿਨਾਰੇ ਖੜ੍ਹੇ ਦੋ ਟਰੱਕਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿਚ ਦੋਵੇਂ ਟਰੱਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਤੇ ਵੱਡੇ ਨੁਕਸਾਨ ਤੋਂ ਬਚਾਅ ਕੀਤਾ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਤੇ ਸਬੰਧਿਤ ਵਿਭਾਗ ਵਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਹਾਲਾਂਕਿ ਟਰੱਕਾਂ ਨੂੰ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।