ਬਟਾਲਾ, 13 ਜੁਲਾਈ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਨੂੰ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਲਾਕੇ ਦੀ ਇਸ ਪ੍ਰਮੁੱਖ ਵਿੱਦਿਅਕ ਸੰਸਥਾ ’ਚ 10+1, 10+2 ਤੇ ਵੱਖ-ਵੱਖ ਡਿਗਰੀ ਕੋਰਸਾਂ ਵਿਚ ਦਾਖ਼ਲੇ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ 56 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਿਹਾ ਗੁਰੂ ਨਾਨਕ ਕਾਲਜ ਸਿੱਖਿਆ, ਅਨੁਸ਼ਾਸਨ ਤੇ ਸਰਵਪੱਖੀ ਵਿਕਾਸ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਂਦਿਆਂ ਉੱਚ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਤੋਂ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਸੀ.ਸੀ.ਐੱਲ.ਪੀ. ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀਆਂ ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿਚ ਵੱਡਾ ਲਾਭ ਮਿਲੇਗਾ। ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਦੀਆਂ ਫ਼ੀਸਾਂ ਬਹੁਤ ਹੀ ਵਾਜਬ ਰੱਖੀਆਂ ਗਈਆਂ ਹਨ ਅਤੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਲਈ ਫ਼ੀਸਾਂ ਵਿਚ ਵਿਸ਼ੇਸ਼ ਰਿਆਇਤ ਦੀ ਵਿਵਸਥਾ ਵੀ ਹੈ। ਇਸ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ 5500, 8500 ਅਤੇ 10500 ਦੇ ਵਿਸ਼ੇਸ਼ ਵਜ਼ੀਫ਼ੇ ਵੀ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਉਪਰੰਤ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਸਮੇਂ-ਸਮੇਂ ’ਤੇ ਪਲੇਸਮੈਂਟ ਡਰਾਈਵਾਂ ਲਗਾਈਆਂ ਜਾਂਦੀਆਂ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਨਾਮੀ ਕੰਪਨੀਆਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੁੰਦੇ ਹਨ।