ਪਠਾਨਕੋਟ, 17 ਜੁਲਾਈ (ਵਿਨੋਦ)-ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾਉਂਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਸੀ.ਐਚ.ਓ. ਆਗੂ ਡਾ: ਵਿਮੁਕਤ ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅੱਜ ਤੱਕ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਸਮੂਹ ਸੀ.ਐਚ.ਓ. ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 22 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਹੋਰ ਮੁਲਾਜ਼ਮਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਕਰੇਗੀ। ਇਹ ਰੈਲੀ ਸਿਹਤ ਕਰਮੀਆਂ ਦੇ ਏਕੇ ਅਤੇ ਸਰਕਾਰ ਪ੍ਰਤੀ ਵੱਧ ਰਹੇ ਰੋਸ ਦਾ ਵੱਡਾ ਪ੍ਰਗਟਾਵਾ ਹੋਵੇਗੀ। ਆਗੂਆਂ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇਵੇ ਅਤੇ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ। ਨਹੀਂ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।